Genesis 12:10-19 in Punjabi

Genesis 12:10
ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।

Genesis 12:11
ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।

Genesis 12:12
ਮਿਸਰ ਦੇ ਆਦਮੀ ਤੈਨੂੰ ਦੇਖਣਗੇ। ਉਹ ਆਖਣਗੇ, ‘ਇਹ ਔਰਤ ਇਸਦੀ ਪਤਨੀ ਹੈ।’ ਫ਼ੇਰ ਉਹ ਮੈਨੂੰ ਮਾਰ ਦੇਣਗੇ ਅਤੇ ਤੈਨੂੰ ਜਿਉਂਦੀ ਰਹਿਣ ਦੇਣਗੇ।

Genesis 12:13
ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।”

Genesis 12:14
ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ।

Genesis 12:15
ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ।

Genesis 12:16
ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ। ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ।

Genesis 12:17
ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ।

Genesis 12:18
ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?

Genesis 12:19
ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”

Punjabi Bible